ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com
Spread the love

ਰੰਗਲਾ ਕਿਵੇਂ ਪੰਜਾਬ ਕਹਿ ਦਿਆਂ

ਜਰਨੈਲ ਘੁਮਾਣ

ਕਲਮ ਉਠਾਕੇ ਜਦ ਵੀ ,ਕਿਧਰੇ ਲਿਖਣ ਨੂੰ ਬਹਿੰਦਾ ਹਾਂ ।
ਨਿਘਰ ਗਈ  ਪੰਜਾਬ ਦੀ ਹਾਲਤ , ਵੇਖ ਰੋ ਪੈਂਦਾ ਹਾਂ ।
ਆਪਣੇ ਘਰ ਨੂੰ , ਖ਼ੁਦ ਹੀ ਕਿਵੇਂ ਖ਼ਰਾਬ ਕਹਿ ਦਿਆਂ ਮੈਂ ।
ਕਿੰਝ  ਰੰਗ ਵਿਹੂਣੇ ਨੂੰ , ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਤੋੜ ਰਹੀ ਹੈ ਲੱਕ ਕਿਰਸਾਨੀ , ਵੇਖ ਕੇ ਝੱਲ ਨਹੀਂ ਹੁੰਦੀ ।
ਕਰਜ਼ੇ ਦੇ ਵਿੱਚ ਦੱਬ ਚੱਲੀ , ਸਮੱਸਿਆ ਹੱਲ ਨਹੀਂ ਹੁੰਦੀ ।
ਮੁਰਝਾਈਆਂ ਕਲੀਆਂ ਤਾਈਂ, ਕਿਵੇਂ ਗੁਲਾਬ ਕਹਿ ਦਿਆਂ ਮੈਂ ।
ਕਿੰਝ  ਰੰਗ  ਵਿਹੂਣੇ ਨੂੰ , ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਵਿਹੜੇ ਸੱਖਣੇ ਸੱਖਣੇ ਇਸਦੇ ,  ਚਾਵਾਂ ਖੁਸ਼ੀਆਂ ਤੋਂ ।
ਵਿਹਲੇ ਨਹੀਂਓ ਲੋਕ ਨੱਚਣ ਨੂੰ , ਹੁਣ ਖੁਦਕੁਸ਼ੀਆਂ ਤੋਂ ।
ਝੱਲ ਲਓ ਵਿਆਜਾਂ ਵਾਲਾ ਕਿਸ ਨੂੰ , ਤਾਬ ਕਹਿ ਦਿਆਂ ਮੈਂ ।
ਕਿੰਝ  ਰੰਗ  ਵਿਹੂਣੇ ਨੂੰ , ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਸੱਤ ਦਰਿਆ ਸਨ ਵਗਦੇ , ‘ਸਪਤ ਸਿੰਧੂ’ ਅਖਵਾਉਂਦਾ ਸੀ ।
ਸਿਆਲਕੋਟ ਤੋਂ ਦਿੱਲੀ ਤੀਕਰ , ਪੈਰ ਫੈਲਾਉਂਦਾ ਸੀ ।
ਕਿਵੇਂ ਢਾਈ ਪਾਣੀਆਂ ਵਾਲੇ ਨੂੰ , ਪੰਜ-ਆਬ ਕਹਿ ਦਿਆ ਮੈਂ ।
ਕਿੰਝ  ਰੰਗ  ਵਿਹੂਣੇ ਨੂੰ , ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਵਿੱਚ ਵਿਦੇਸ਼ਾਂ ਜਾ ਜਵਾਨੀ , ਵੱਸਦੀ ਜਾਂਦੀ ਐ ।
ਬਾਕੀ ਬਚਦੀ ਵਿੱਚ ਨਸ਼ਿਆਂ ਦੇ , ਧੱਸਦੀ ਜਾਂਦੀ ਐ ।
ਸੁੱਕ ਚੱਲੇ ਰੁਜ਼ਗਾਰਾਂ ਵਾਲੇ  , ਝਨਾਬ ਕਹਿ ਦਿਆਂ ਮੈਂ ।
ਕਿੰਝ  ਰੰਗ ਵਿਹੂਣੇ ਨੂੰ ,ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਕਾਵਾਂ ਰੌਲੀ ਬਹੁਤ ਸੁਣਨ ਨੂੰ  , ਉਂਝ ਤਰੱਕੀਆਂ ਦੀ ।
ਲੁੱਟ ਕਸੁੱਟ ਤਾਂ ਅੱਜ ਵੀ ਉਹੀਓ , ਫਸਲਾਂ ਪੱਕੀਆਂ ਦੀ ।
ਘਾਟੇ ਵਾਲੇ ਸੌਦੇ ਵਿੱਚ ਕਿੰਝ , ਲਾਭ ਕਹਿ ਦਿਆਂ ਮੈਂ ।
ਕਿੰਝ  ਰੰਗ ਵਿਹੂਣੇ ਨੂੰ , ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਸਿਆਸਤਦਾਨਾਂ ਦੇ ਵੱਗ ਫਿਰਦੇ ਨੇ , ਮੈਂ ਕਿਸਨੂੰ ਦੁੱਖ਼ ਕਹਾਂ ।
ਘਰ , ਰੁਜ਼ਗਾਰ ਜਾਂ ਢਿੱਡ ਦੀ , ਆਖਿਰ ਕਿਹੜੀ ਭੁੱਖ ਕਹਾਂ ।
ਸਾਹਿਬਗੜ੍ਹਾਂ ਦਾ ਸੂਬਾ , ਕਿਸ ਨੂੰ ਸਾਹਬ ਕਹਿ ਦਿਆਂ ਮੈਂ ।
ਕਿੰਝ  ਰੰਗ ਵਿਹੂਣੇ ਨੂੰ , ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਕਲਮਾਂ ਹੋਣ ਆਵਾਜ਼ ਲੋਕਾਂ ਦੀ, ਉਹ ਵੀ ਵਿੱਕ ਚੱਲੀਆਂ ।
ਪੈਸੇ ਵਾਲਿਆਂ ਕਲਮਾਂ ਦੀਆਂ, ਜ਼ਮੀਰਾਂ ਜਾ ਮੱਲੀਆਂ ।
ਕੰਨੋ ਬੋਲੀ ਭੀੜ ’ਚ, ਕਿਹੜਾ ਰਾਗ ਕਹਿ ਦਿਆਂ ਮੈਂ ।
ਕਿੰਝ  ਰੰਗ ਵਿਹੂਣੇ ਨੂੰ, ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਕਲੋਨੀਵਾਦ ਖਾ ਗਿਆ ਪਿੰਡ,’ਤੇ ਛਾਵਾਂ ਬੋਹੜ ਦੀਆਂ ।
ਨਸ਼ਾਖੋਰ ਪੁੱਤਰਾਂ ਦੀਆਂ ਸੁੱਖਾਂ ,  ਮਾਵਾਂ ਲੋੜਦੀਆਂ ।
ਚੌਂਕੀਦਾਰ ਹੀ ਸੁੱਤੇ ਕਿਸਨੂੰ, ਜਾਗ ਕਹਿ ਦਿਆਂ ਮੈਂ ।
ਕਿੰਝ  ਰੰਗ ਵਿਹੂਣੇ ਨੂੰ, ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਐ ਦੌਲਤ ਦੀ ਦੌੜ ਦੌੜਦਿਓ, ਕੁੱਝ ਤਾਂ ਸ਼ਰਮ ਕਰੋ ।
ਬੱਚ ਜਾਵੇ ਪੰਜਾਬ ‘ਘੁਮਾਣਾ’, ਐਸਾ ਕਰਮ ਕਰੋ ।
ਨਾਲ ਨਾ ਜਾਣ ਖਜ਼ਾਨੇ, ਸੁਣੋ ਜਨਾਬ ਕਹਿ ਦਿਆਂ ਮੈਂ ।
ਕਿੰਝ  ਰੰਗ ਵਿਹੂਣੇ ਨੂੰ, ਰੰਗਲਾ ਪੰਜਾਬ ਕਹਿ ਦਿਆਂ ਮੈਂ ॥
ਜਰਨੈਲ ਘੁਮਾਣ
ਮੋਬਾਇਲ ਨੰਬਰ : +91-98885-05577

Loading spinner